ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ)  ਡਿਪਟੀ ਕਮਿਸ਼ਨਰ  ਮਹਿੰਦਰ ਪਾਲ ਨੇ ਸਿਹਤ ਵਿਭਾਗ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ 31 ਜਨਵਰੀ 2021 ਤੋਂ ਪਲਸ ਪੋਲੀਓ ਮੁਹਿੰਮ ਸ਼ੁਰੂ ਹੋਣ ਜਾ ਰਹੀ ਹੈ।ਇਸ ਰਾਊਂਡ ਤਹਿਤ ਕ੍ਰਮਵਾਰ 31 ਜਨਵਰੀ, 1 ਅਤੇ 2 ਫਰਵਰੀ ਨੂੰ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਜਾਣਗੀਆਂ।ਉਨ੍ਹਾਂ ਸਿਹਤ ਵਿਭਾਗ ਮਾਨਸਾ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਪੋਲਿਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲਿਓ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਪੋਲੀਓ ਮੁਹਿੰਮ ਤਹਿਤ ਜਾਣਕਾਰੀ ਦਿੰਦਿਆ ਦੱਸਿਆ ਕਿ 0—5 ਸਾਲ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ ਤੇ ਮਾਨਸਾ ਜਿ਼ਲ੍ਹੇ ਵਿੱਚ 70721 ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਲਈ ਰੈਗੂਲਰ ਬੂਥ 376 ਟੀਮਾਂ ਅਤੇ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ਤੇ ਪੋਲੀਓ ਬੂੰਦਾਂ ਪਿਲਾਉਣ ਲਈ 12 ਟਰਾਂਜਿਟ ਟੀਮਾਂ ਲਗਾਈਆਂ ਗਈਆਂ ਹਨ, ਜੋ ਕਿ ਹਰ ਸਮੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਲਈ ਕੰਮ ਕਰ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੂਗੀਆਂ ਝੋਪੜੀਆਂ ਆਦਿ ਨੂੰ ਕਵਰ ਕਰਨ ਲਈ 15 ਮੋਬਾਇਲ ਟੀਮਾਂ ਦਾ ਗਠਨ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਸਾਰੇ ਕੰਮ ਨੂੰ ਨੇਪਰੇ ਚਾੜਨ ਲਈ 72 ਸੁਪਰਵਾਈਜ਼ਰ ਲਗਾਏ ਗਏ ਹਨ ਅਤੇ ਇਸ ਕੰਮ ਦੀ ਦੇਖ—ਰੇਖ ਲਈ ਜਿ਼ਲ੍ਹਾ ਪੱਧਰ ਤੋਂ ਸੁਪਰਵਾਈਜ਼ਰਾਂ ਦੀਆਂ ਟੀਮਾਂ ਵੱਖ—ਵੱਖ ਇਲਾਕਿਆਂ ਲਈ ਕੰਮ ਦਾ ਜਾਇਜ਼ਾ ਲੈਣਗੀਆਂ।
ਸਿਵਲ ਸਰਜਨ ਨੇ ਦੱਸਿਆ ਕਿ ਜਿ਼ਲੇ ਵਿੱਚ ਇਸ ਮੁਹਿੰਮ ਦੇ ਪਹਿਲੇ ਦਿਨ 31 ਜਨਵਰੀ 2021 ਨੂੰ ਬੱਚਿਆਂ ਨੂੰ ਪੋਲੀਓ ਬੂਥਾਂ ਤੇ ਪੋਲਿਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਮੁਹਿੰਮ ਦੇ ਦੂਸਰੇ ਦਿਨ 1 ਫਰਵਰੀ ਅਤੇ 2 ਫਰਵਰੀ ਨੂੰ ਬੱਚਿਆਂ ਨੂੰ ਪੋਲਿਓ ਬੂੰਦਾਂ ਘਰ—ਘਰ ਜਾ ਕੇ ਪਿਲਾਈਆਂ ਜਾਣਗੀਆਂ, ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ।ਸਿਵਲ ਸਰਜਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਜ਼ਰੂਰ ਪਿਲਾਓ।

LEAVE A REPLY