(ਪੰਜਾਬ ਦੈਨਿਕ ਨਿਊਜ਼)  ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਰੋਜ਼ਾਨਾ 6000 ਤੱਕ ਕੋਰੋਨਾ ਟੀਕਾਕਰਨ ਦੀ ਸਮਰੱਥਾ ਨੂੰ ਵਧਾਇਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸਿਆਮ ਥੋਰੀ ਨੇ ਯੋਗ ਲਾਭਪਾਤਰੀਆ ਨੂੰ ਸੱਦਾ ਦਿੱਤਾ ਕਿ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਕੋਵਿਡ ਵੈਕਸੀਨ ਲਗਵਾਈ ਜਾਵੇ।

ਜ਼ਿਲ੍ਹੇ ਵਿੱਚ ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਵੈਕਸੀਨ ਰਾਹੀਂ ਹੀ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ ਪਰ ਇਹ ਸਭ ਕੁਝ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ। ਉਨ੍ਹਾ ਦੱਸਿਆ ਕਿ ਜ਼ਿਲ੍ਹੇ ਵਿੱਚ 41 ਪ੍ਰਾਈਵੇਟ ਅਤੇ 13 ਸਰਕਾਰੀ ਹਸਪਤਾਲਾਂ ਵਲੋਂ ਕੋਵਿਡ ਵੈਕਸੀਨ ਲਗਵਾਉਣ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਸੋਮਵਾਰ ਤੋਂ ਸਰਕਾਰੀ ਮੁੱਢਲੇ ਸਿਹਤ ਕੇਂਦਰਾਂ, ਕਮਿਊਨਟੀ ਸਿਹਤ ਕੇਂਦਰਾਂ ਅਤੇ ਸਬ ਡਵੀਜ਼ਨਲ ਹਸਪਤਾਲਾਂ ਵਲੋਂ ਵੀ ਇਹ ਕੋਵਿਡ ਵੈਕਸੀਨ ਲਗਾਉਣ ਦੀ ਸਹੂਲਤ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਵਿਡ ਵੈਕਸੀਨ ਨੂੰ ਲਾਭਪਾਤਰੀਆਂ ਤੱਕ ਅਸਾਨੀ ਨਾਲ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਚੱਜੇ ਢੰਗ ਨਾਲ ਅਤੇ ਵੱਡੇ ਪੱਧਰ ’ਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦਾ ਫਰਜ਼ ਬਣਦਾ ਹੈ ਕਿ ਉਹ ਕੋਵਿਡ ਵੈਕਸੀਨ ਲਗਵਾਉਣ ਲਈ ਅੱਗੇ ਆਉਣ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਸੈਂਪਲ ਲੈਣ ਅਤੇ ਕੋਵਿਡ ਪ੍ਰਭਾਵਿਤ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਪਹਿਚਾਣ ਕਰਨ ਦੀ ਗਤੀ ਨੂੰ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸੱਤ ਦਿਨਾਂ ਦੌਰਾਨ 21259 ਸੈਂਪਲ ਲੈਣ ਤੋਂ ਇਲਾਵਾ ਕੋਵਿਡ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿੱਚ ਆਏ 1969 ਲੋਕਾਂ ਦੀ ਪਹਿਚਾਣ ਕੀਤੀ ਗਈ ਹੇ। ਉਨ੍ਹਾਂ ਦੱਸਿਆ ਕਿ ਇਨਾਂ ਸੈਂਪਲਾਂ ਵਿਚੋਂ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿਚੋਂ 7596 ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 79.27 ਫੀਸਦ ਵੈਂਟੀਲੇਟਰਾਂ ਦੀ ਉਪਲਬੱਧਤਾ ਤੋਂ ਇਲਾਵਾ ਲੈਵਲ-2 ਦੇ ਮਰੀਜ਼ਾਂ ਲਈ 68.18 ਫੀਸਦ ਅਤੇ ਲੈਵਲ-3 ਦੇ ਮਰੀਜ਼ਾਂ ਲਈ 50.39 ਫੀਸਦ ਬੈਡ ਉਪਲਬੱਧ ਹਨ। ਸ੍ਰੀ ਥੋਰੀ ਨੇ ਅੱਗੇ ਦੱਸਿਆ ਕਿ ਹੁਣ ਤੱਕ 9679 ਸਿਹਤ ਸੰਭਾਲ ਵਰਕਰਾਂ ਅਤੇ 10652 ਮੋਹਲੀ ਕਤਾਰ ਦੇ ਵਰਕਰਾਂ ਤੋਂ ਇਲਾਵਾ 9403 ਬਜ਼ੁਰਗਾਂ ਅਤੇ 45 ਤੋਂ 59 ਸਾਲ ਦੀ ਉਮਰ ਦੇ 1750 ਲਾਭਪਾਤਰੀਆਂ ਜਿਨ੍ਹਾਂ ਨੂੰ ਹੋਰ ਸਹਿ ਬਿਮਾਰੀਆਂ ਸਨ ਨੂੰ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਰਾਤ ਦੇ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਜੋ ਸਰਕਾਰੀ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਜਿਵੇਂ ਮਾਸਕ ਪਾਉਣਾ , ਸਮਾਜਿਕ ਦੂਰੀ ਬਰਕਰਾਰ ਰੱਖਣ ਅਤੇ ਹੱਥ ਧੋਣ ਆਦਿ ਦੀ ਉਲੰਘਣਾ ਕਰਦੇ ਹਨ ਦੇ ਚਲਾਨ ਕੀਤੇ ਜਾਣ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਸਾਰੇ ਤਰ੍ਹਾਂ ਦੇ ਇਕੱਠਾਂ ’ਤੇ ਬਾਰੀਕੀ ਨਾਲ ਨਿਗਰਾਨੀ ਕੀਤੀ ਜਾਵੇ ਅਤੇ ਜੋ ਇਕੱਠ ਕਰਨ ਸਬੰਧੀ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਦੇ ਹਨ ਉਨ੍ਹਾਂ ਨੂੰ ਜੁਰਮਾਨੇ ਕੀਤੇ ਜਾਣ।

.

LEAVE A REPLY