ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) ਡਿਪਟੀ ਕਮਿਸ਼ਨਰ ਮਹਿੰਦਰ ਪਾਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਲੀਕੇ ਪ੍ਰੋਗਰਾਮ ਦੇ ਤਹਿਤ ਅੱਜ ਜ਼ਿਲ੍ਹੇ ਦੇ 5 ਬਲਾਕਾਂ ਦੇ ਪਿੰਡਾਂ ਵਿੱਚ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ ਤਾਂ ਜੋ ਵੱਧ ਤੋਂ ਵੱਧ ਨਾਗਰਿਕਾਂ ਨੂੰ ਸਿਹਤ ਸੁਰੱਖਿਆ ਲਈ ਇਸ ਮੁਹਿੰਮ ਅਧੀਨ ਕਵਰ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ ਨੇ ਦੱਸਿਆ ਕਿ ਬਲਾਕ ਮਾਨਸਾ ਦੇ ਪਿੰਡ ਉੱਭਾ, ਬਲਾਕ ਭੀਖੀ ਦੇ ਪਿੰਡ ਅਕਲੀਆ, ਬਲਾਕ ਝੁਨੀਰ ਦੇ ਪਿੰਡ ਬਾਜੇਵਾਲਾ, ਬਲਾਕ ਸਰਦੂਲਗੜ੍ਹ ਦੇ ਪਿੰਡ ਮੀਰਪੁਰ ਖੁਰਦ ਅਤੇ ਬਲਾਕ ਬੁਢਲਾਡਾ ਦੇ ਪਿੰਡ ਧਰਮਪੁਰਾ ਵਿਖੇ ਕੋਵਿਡ ਵੈਕਸੀਨੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਗਏ ਜਿਸ ਵਿੱਚ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਸਿਹਤ ਵਿਭਾਗ ਦੀਆਂ ਟੀਮਾਂ ਨੇ ਜਿਥੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਅ ਸਬੰਧੀ ਜ਼ਰੂਰੀ ਤੌਰ ’ਤੇ ਸਿਹਤ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਪ੍ਰੇਰਿਆ ਉਥੇ ਹੀ 45 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਨੂੰ ਇਹ ਟੀਕਾ ਜ਼ਰੂਰ ਲਗਵਾਉਣ ਲਈ ਅਪੀਲ ਕੀਤੀ। ਇਸ ਦੌਰਾਨ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਨਵਨੀਤ ਜੋਸ਼ੀ ਨੇ ਦੱਸਿਆ ਕਿ ਦਿਹਾਤੀ ਖੇਤਰਾਂ ਵਿੱਚ ਕੋਵਿਡ ਵੈਕਸੀਨੇਸ਼ਨ ਲਈ 30 ਅਪ੍ਰੈਲ ਤੱਕ ਦਾ ਸ਼ਡਿਊਲ ਬਣਾ ਦਿੱਤਾ ਗਿਆ ਹੈ ਅਤੇ ਰੋਜ਼ਾਨਾ ਦੇ ਆਧਾਰ ’ਤੇ ਲੋਕਾਂ ਦੀ ਸੁਵਿਧਾ ਲਈ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾਣਗੇ ਤਾਂ ਜੋ ਜਲਦੀ ਤੋਂ ਜਲਦੀ ਸਾਰੇ ਯੋਗ ਨਾਗਰਿਕਾਂ ਦਾ ਟੀਕਾਕਰਨ ਕਰਵਾਇਆ ਜਾ ਸਕੇ।

LEAVE A REPLY