ਅਨਾਜ ਮੰਡੀਆਂ ਦੇ ਦਾਖਲਾ ਗੇਟਾਂ ‘ਤੇ ਹੀ ਕੀਤਾ ਜਾ ਰਿਹਾ ਹੈ ਦਵਾਈ ਦਾ ਛਿੜਕਾਅ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) ਕਣਕ ਦੀ ਖਰੀਦ ਪਰ੍ਕਿਰਿਆ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਕਣਕ ਦੀ ਢੋਆ ਢੁਆਈ ਲਈ ਵਰਤੇ ਜਾ ਰਹੇ ਟਰੈਕਟਰਾਂ, ਟਰਾਲੀਆਂ ਸਮੇਤ ਹੋਰ ਵਾਹਨਾਂ ਨੂੰ ਰੋਗਾਣੂ ਮੁਕਤ ਕਰਨ ਲਈ ਅਨਾਜ ਮੰਡੀਆਂ ਦੇ ਦਾਖਲਾ ਗੇਟਾਂ ‘ਤੇ ਹੀ ਸੈਨੇਟਾਈਜ਼ ਕਰਨ ਦੀ ਪ੍ਰਕਿਰਿਆ ਵੀ ਜਾਰੀ ਹੈ ਤਾਂ ਜੋ ਕੋਰੋਨਾ ਵਾਇਰਸ ਦੀ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਵਾਹਨ ਚਾਲਕਾਂ ਤੇ ਸਹਿਯੋਗੀ ਕਾਮਿਆਂ ਨੂੰ ਵੀ ਮਾਸਕ, ਹੱਥ ਸੈਨੀਟਾਈਜ਼ ਕਰਨ ਅਤੇ ਸਮਾਜਿਕ ਦੂਰੀ ਸਬੰਧੀ ਨਿਯਮਾਂ ਦੀ ਪਾਲਣਾ ਲਈ ਮੰਡੀਆਂ ਦੇ ਗੇਟਾਂ ‘ਤੇ ਹੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਅੱਗਿਓਂ ਹੋਰਨਾਂ ਨੂੰ ਵੀ ਲਗਾਤਾਰ ਸਿਹਤ ਸਾਵਧਾਨੀਆਂ ਬਾਰੇ ਸੁਚੇਤ ਕਰਦੇ ਰਹਿਣ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਸ਼ੇਸ਼ ਪਹਿਲ ਕਦਮੀ ਕੀਤੀ ਗਈ ਹੈ ਜੋ ਕਿ ਸਮੁੱਚੇ ਖਰੀਦ ਸੀਜ਼ਨ ਦੌਰਾਨ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸਾਰੇ ਖ਼ਰੀਦ ਕੇਂਦਰਾਂ ਵਿੱਚ ਜਿਥੇ ਪਹਿਲਾਂ ਹੀ ਦਵਾਈ ਦਾ ਛਿੜਕਾਅ ਕਰਕੇ ਰੋਗਾਣੂ ਮੁਕਤ ਕੀਤਾ ਗਿਆ ਹੈ ਉਥੇ ਹੀ ਨਿਯਮਤ ਤੌਰ ਉਤੇ ਮੰਡੀਆਂ ਦੇ ਦਾਖਲਾ ਗੇਟਾਂ ‘ਤੇ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਹਰੇਕ ਵਾਹਨ ਨੂੰ ਸੈਨੀਟਾਈਜ਼ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਰੋਜ਼ਾਨਾ ਸੈਂਕੜੇ ਕਿਸਾਨ ਅਨਾਜ ਮੰਡੀਆਂ ਵਿੱਚ ਆ ਰਹੇ ਹਨ ਜਿਸ ਦੇ ਮੱਦੇਨਜ਼ਰ ਇਹ ਜ਼ਰੂਰੀ ਸੀ ਕਿ ਮੰਡੀਆਂ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਰੂਰੀ ਉਪਰਾਲੇ ਕੀਤੇ ਜਾਣ
ਇਸ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਜਨੀਸ਼ ਗੋਇਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮੰਡੀ ਬੋਰਡ ਦੀਆਂ ਟੀਮਾਂ ਵਲੋਂ ਸੋਡੀਅਮ ਹਾਈਪੋਕਲੋਰਾਈਟ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਖ਼ਰੀਦ ਪਰ੍ਕਿਰਿਆ ਨਾਲ ਜੁੜੇ ਹਰ ਵਰਗ ਲਈ ਮੰਡੀਆਂ ਵਿੱਚ ਮਾਸਕ, ਸਾਬਣ ਤੇ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੈਰਾਂ ਨਾਲ ਚੱਲਣ ਵਾਲੀਆਂ ਹੱਥ ਧੋਣ ਵਾਲੀਆਂ ਮਸ਼ੀਨਾਂ ਵੀ ਕੋਰੋਨਾ ਦੇ ਪਾਸਾਰ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋ ਰਹੀਆਂ ਹਨ ਜਿਨ੍ਹਾਂ ਦੀ ਹਰ ਵਰਗ ਵੱਲੋਂ ਮੰਡੀਆਂ ਵਿੱਚ ਵਰਤੋਂ ਕੀਤੀ ਜਾ ਰਹੀ ਹੈ।

LEAVE A REPLY