ਮਾਨਸਾ/ ਹਾਕਮਵਾਲਾ (ਗੁਰਜੰਟ ਸਿੰਘ ਬਾਜੇਵਾਲੀਆ) ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮ ਵਾਲਾ ਦੇ ਵਸਨੀਕ ਸਿਪਾਹੀ ਸ. ਪ੍ਰਭਜੀਤ ਸਿੰਘ ਜੋ ਕਿ ਪਿਛਲੇ ਦਿਨੀਂ ਸ਼ਿਆਚਿਨ ਗਲੇਸ਼ੀਅਰ ਵਿਖੇ ਆਏ ਭਾਰੀ ਬਰਫ਼ੀਲੇ ਤੂਫ਼ਾਨ ਕਾਰਨ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ, ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਹਾਕਮ ਵਾਲਾ ਵਿਖੇ ਪੂਰੇ ਰਾਸ਼ਟਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ਾਸਨਿਕ, ਪੁਲਿਸ, ਭਾਰਤੀ ਫੌਜ ਦੇ ਅਧਿਕਾਰੀਆਂ ਤੋਂ ਇਲਾਵਾ ਸਿਆਸੀ ਆਗੂਆਂ ਤੇ ਹੋਰ ਪਤਵੰਤਿਆਂ ਨੇ ਸ਼ਹੀਦ ਪ੍ਰਭਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਅੰਤਿਮ ਵਿਦਾਇਗੀ ਦਿੱਤੀ।
ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ ਸਿੰਘ ਬਦਨੌਰ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਸ਼ਹੀਦ ਦੀ ਮ੍ਰਿਤਕ ਦੇਹ ‘ਤੇ ਰੀਥਾਂ ਰੱਖ ਕੇ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਨ ਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਆਪਣੀ ਸ਼ਹਾਦਤ ਦੇਣ ਵਾਲੇ ਜਵਾਨਾਂ ‘ਤੇ ਦੇਸ਼ ਵਾਸੀਆਂ ਨੂੰ ਹਮੇਸ਼ਾਂ ਮਾਣ ਰਹੇਗਾ। ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸ਼ਹੀਦ ਦੇ ਪਿਤਾ ਸ. ਜਗਮੇਲ ਸਿੰਘ, ਮਾਤਾ ਸ਼੍ਰੀਮਤੀ ਮੇਲੋ ਕੌਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਪ੍ਰਭਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ ਮੁਆਵਜ਼ਾ ਅਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਸ ਮੌਕੇ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਦੀ ਤਰਫੋਂ ਐਸ.ਪੀ ਸ਼੍ਰੀ ਰਾਕੇਸ਼ ਕੁਮਾਰ ਨੇ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ। ਸ਼ਰਧਾ ਦੇ ਫੁੱਲ ਭੇਟ ਕਰਨ ਵਾਲੀਆਂ ਹੋਰ ਸਖ਼ਸੀਅਤਾਂ ਵਿੱਚ ਵਿਧਾਇਕ ਬੁਢਲਾਡਾ ਸ਼੍ਰੀ ਬੁੱਧ ਰਾਮ, ਸਾਬਕਾ ਵਿਧਾਇਕ ਸ. ਅਜੀਤ ਇੰਦਰ ਸਿੰਘ ਮੋਫ਼ਰ, ਐਸ.ਡੀ.ਐਮ ਸ਼੍ਰੀ ਸਾਗਰ ਸੇਤੀਆ, 21 ਪੰਜਾਬ ਰੈਜੀਮੈਂਟ ਦੇ ਸੂਬੇਦਾਰ ਭੁਪਿੰਦਰ ਸਿੰਘ, ਜ਼ਿਲ੍ਹਾ ਰੱਖਿਆ ਸੇਵਾਵਾਂ ਅਧਿਕਾਰੀ ਕਰਨਲ ਮਨਿੰਦਰ ਸਿੰਘ ਰੰਧਾਵਾ, ਸੀ-ਪਾਇਟ ਕੇਂਦਰ ਬੋੜਾਵਾਲ ਤੋਂ ਸ. ਲਾਭ ਸਿੰਘ ਸਮੇਤ ਹੋਰ ਸ਼ਖਸ਼ੀਅਤਾਂ, ਪਰਿਵਾਰਕ ਮੈਂਬਰ, ਪਿੰਡਾਂ ਦੇ ਪਤਵੰਤੇ ਵੀ ਸ਼ਾਮਲ ਸਨ।
ਸ਼ਹੀਦ ਦੇ ਵੱਡੇ ਭਰਾ ਸ. ਪ੍ਰਿਤਪਾਲ ਸਿੰਘ ਵੱਲੋਂ ਉਨ੍ਹਾਂ ਦੀ ਚਿਤਾ ਨੂੰ ਅਗਨੀ ਦਿੱਤੀ ਗਈ। ਸ਼ਹੀਦ ਨੂੰ ਅੰਤਿਮ ਵਿਦਾਇਗੀ ਦੇਣ ਮੌਕੇ ਸ਼ਾਮਲ ਹੋਏ ਲੋਕਾਂ ਨੇ ‘ਸ਼ਹੀਦ ਪ੍ਰਭਜੀਤ ਸਿੰਘ ਅਮਰ ਰਹੇ’ ਦੇ ਨਾਅਰੇ ਲਗਾਏ। ਇਸ ਦੌਰਾਨ 3 ਮੀਡੀਅਮ ਆਰਟੀ ਬਠਿੰਡਾ ਦੀ ਟੁਕੜੀ ਵੱਲੋਂ ਸ਼ਹੀਦ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਗਾਰਡ ਆਫ਼ ਆਨਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ 23 ਵਰ੍ਹਿਆਂ ਦੇ ਸ਼ਹੀਦ ਪ੍ਰਭਜੀਤ ਸਿੰਘ ਨੇ ਸਰਕਾਰੀ ਹਾਈ ਸਕੂਲ ਹਾਕਮ ਵਾਲਾ ਤੋਂ ਦਸਵੀਂ ਅਤੇ ਸੀਨੀਅਰ ਸੈਕੰਡਰੀ ਸਕੂਲ ਬੋਹਾ ਤੋਂ ਬਾਰਵੀਂ ਕੀਤੀ ਸੀ ਅਤੇ ਕਰੀਬ 3 ਸਾਲ ਪਹਿਲਾਂ ਹੀ ਭਾਰਤੀ ਫੌਜ ਵਿੱਚ ਭਰਤੀ ਹੋਏ ਸਨ।

LEAVE A REPLY