ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅੰਜੂ ਗੁਪਤਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਰੂਪ ਭਾਰਤੀ ਦੀ ਨਿਗਰਾਨੀ ਹੇਠ ਜ਼ਿਲ੍ਹੇ ਦੇ 195 ਸਕੂਲਾਂ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਮੁਕਾਬਲਿਆਂ ਵਿੱਚ ਵਿਦਿਆਰਥੀ ਉਤਸ਼ਾਹ ਨਾਲ਼ ਭਾਗ ਲੈ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਹਾਈ ਸਕੂਲ ਸਮਾਓ ਵਿਖੇ ਲੇਖ ਮੁਕਾਬਲੇ ਕਰਵਾਏ ਗਏ।
ਸਕੂਲ ਵਿੱਚ ਕਰਵਾਏ ਗਏ ਮੁਕਾਬਲਿਆਂ ਸਬੰਧੀ ਮੁੱਖ ਅਧਿਆਪਕਾ ਅਮਨਦੀਪ ਕੌਰ ਨੇ ਦੱਸਿਆ ਕਿ ਲੇਖ ਮੁਕਾਬਲੇ ਵਿੱਚ ਸਾਰੀਆਂ ਜਮਾਤਾਂ (ਛੇਂਵੀ ਤੋਂ ਦਸਵੀਂ) ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਮਿਡਲ ਵਰਗ ਵਿੱਚੋਂ ਗੁਰਨੂਰ ਕੌਰ ਨੇ ਪਹਿਲਾ, ਖੁਸ਼ਪ੍ਰੀਤ ਕੌਰ ਨੇ ਦੂਜਾ ਅਤੇ ਗੱਗੀ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹਾਈ ਵਰਗ ਵਿਚੋਂ ਸੀਮਾ ਰਾਣੀ ਨੇ ਪਹਿਲਾ ਅਤੇ ਗਗਨਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਮੁੱਖ ਅਧਿਆਪਕਾ ਅਮਨਦੀਪ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਨੋਡਲ ਇੰਚਾਰਜ ਜਸਪਾਲ ਕੌਰ, ਸਕੂਲ ਮੀਡੀਆ ਇੰਚਾਰਜ ਪ੍ਰਦੀਪ ਕੁਮਾਰ ਅਤੇ ਸਮੂਹ ਸਟਾਫ਼ ਦੀ ਪ੍ਰਸੰਸਾ ਕੀਤੀ।

LEAVE A REPLY